We Believe JesusFé, Esperança e Nova Vida

ਰਸੂਲਾਂ ਦੇ ਕਰਤੱਬ 9

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਰਸੂਲਾਂ ਦੇ ਕਰਤੱਬ 8 ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 10 →

1ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।

2ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।

3ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,

4ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?

5ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।

6ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ।

7ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ।

8ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ।

9ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।

10ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।

11ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।

12ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।

13ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!

14ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ।

15ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।

16ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।

17ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।

18ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।

19ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।

20ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।

21ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?

22ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।

23ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।

24ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।

25ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ।

26ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।

27ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।

28ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।

29ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।

30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।

31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।

32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।

33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।

34ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!

35ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।

36ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।

37ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।

38ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।

39ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।

40ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!

41ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।

42ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।

43ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ।

← ਰਸੂਲਾਂ ਦੇ ਕਰਤੱਬ 8 ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 10 →